ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਪ੍ਰਤੀ ਪਿਆਰ, ਸਤਿਕਾਰ ਅਤੇ ਵਿਕਾਸ ਪ੍ਰਤੀ ਵਚਨਬੱਧਤਾ ਮੁੜ ਹੋਈ ਸਾਬਤ;

 ₹10 ਹਜ਼ਾਰ ਕਰੋੜ ਤੋਂ ਵੱਧ ਦੇ ਵਿਕਾਸ ਪ੍ਰੋਜੈਕਟ ਪੰਜਾਬ ਦੇ ਸੁਨਹਿਰੇ ਭਵਿੱਖ ਦੀ ਨੀਂਹ — ਪ੍ਰੋ. ਸਰਚਾਂਦ ਸਿੰਘ ਖਿਆਲਾ



ਅੰਮ੍ਰਿਤਸਰ, 18 ਜੁਲਾਈ:
ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਲਈ ਲਗਭਗ ₹10,000 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖੇ ਜਾਣ 'ਤੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਕੇਵਲ ਵਿਕਾਸ ਕਾਰਜਾਂ ਦਾ ਉਦਘਾਟਨ ਨਹੀਂ, ਸਗੋਂ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਭਵਿੱਖ ਪ੍ਰਤੀ ਕੇਂਦਰ ਸਰਕਾਰ ਦੀ ਅਟੁੱਟ ਵਚਨਬੱਧਤਾ ਦਾ ਪ੍ਰਤੱਖ ਸਬੂਤ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਲਈ ₹5,470 ਕਰੋੜ ਅਤੇ ਚੰਡੀਗੜ੍ਹ ਲਈ ₹4,700 ਕਰੋੜ ਤੋਂ ਵੱਧ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਸਪੱਸ਼ਟ ਕਰਦੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨੂੰ ਵਿਕਾਸ ਦੇ ਨਵੇਂ ਦੌਰ ਵਿੱਚ ਲੈ ਜਾਣ ਲਈ ਦ੍ਰਿੜ੍ਹ ਸੰਕਲਪਬੱਧ ਹਨ। ਇਹ ਨਿਵੇਸ਼ ਸੜਕਾਂ, ਰੇਲਵੇ, ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਨੂੰ ਨਵੀਆਂ ਉੱਚਾਈਆਂ 'ਤੇ ਲੈ ਜਾਵੇਗਾ।
ਪ੍ਰੋ. ਖਿਆਲਾ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੀ ਵੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਕੁਰੂਕਸ਼ੇਤਰ ਵਿਖੇ ਲਗਭਗ ₹160 ਕਰੋੜ ਦੀ ਲਾਗਤ ਨਾਲ ਸਥਾਪਿਤ ਕੀਤਾ ਜਾ ਰਿਹਾ ਸਿੱਖ ਅਜਾਇਬ ਘਰ ਭਾਜਪਾ ਸਰਕਾਰ ਦੀ ਸਿੱਖ ਇਤਿਹਾਸ, ਗੁਰੂ ਪਰੰਪਰਾ ਅਤੇ ਸਿੱਖ ਵਿਰਾਸਤ ਪ੍ਰਤੀ ਡੂੰਘੀ ਸ਼ਰਧਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਸ ਅਜਾਇਬ ਘਰ ਰਾਹੀਂ ਗੁਰੂ ਸਾਹਿਬਾਨ ਦਾ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ, ਸ਼ਹਾਦਤਾਂ ਅਤੇ ਸਿੱਖ ਸੱਭਿਆਚਾਰ ਦੀ ਮਹਾਨ ਵਿਰਾਸਤ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣ ਦਾ ਇਤਿਹਾਸਕ ਉਪਰਾਲਾ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਵੱਲੋਂ ਇਹ ਕਹਿਣਾ ਕਿ ਇਹ ਅਜਾਇਬ ਘਰ ਗੁਰੂ ਪਰੰਪਰਾ ਅਤੇ ਗੁਰੂਆਂ ਦੇ ਬਲੀਦਾਨ ਦੇ ਸੰਕਲਪ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ, ਹਰ ਸਿੱਖ ਲਈ ਮਾਣ ਦੀ ਗੱਲ ਹੈ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ ਦੌਰਾਨ ਮਹਾਰਾਜਾ ਰਣਜੀਤ ਸਿੰਘ ਦੇ ਖ਼ਾਲਸਾ ਰਾਜ ਨੂੰ ਖੁਸ਼ਹਾਲੀ, ਤਰੱਕੀ ਅਤੇ ਸਭ ਨੂੰ ਨਾਲ ਲੈ ਕੇ ਚੱਲਣ ਵਾਲੇ ਸੁਸ਼ਾਸਨ ਦਾ ਪ੍ਰਤੀਕ ਦੱਸ ਕੇ ਪੰਜਾਬ ਅਤੇ ਸਿੱਖ ਇਤਿਹਾਸ ਨੂੰ ਰਾਸ਼ਟਰੀ ਮੰਚ 'ਤੇ ਸਨਮਾਨ ਦਿੱਤਾ। ਇਸੇ ਤਰ੍ਹਾਂ ਗੁਰਦੁਆਰਾ ਸੁਧਾਰ ਲਹਿਰ ਦੇ ਮਹਾਨ ਨਾਇਕ ਅਮਰ ਸ਼ਹੀਦ ਸਰਦਾਰ ਤੇਜਾ ਸਿੰਘ ਸਮੁੰਦਰੀ ਦੀ ਸ਼ਹੀਦੀ ਸ਼ਤਾਬਦੀ 'ਤੇ ਸ਼ਰਧਾਂਜਲੀ ਭੇਟ ਕਰਕੇ ਉਨ੍ਹਾਂ ਨੇ ਦੇਸ਼ ਪ੍ਰਤੀ ਸਿੱਖ ਕੌਮ ਦੇ ਬਲੀਦਾਨਾਂ ਅਤੇ ਯੋਗਦਾਨ ਨੂੰ ਯਾਦ ਕੀਤਾ, ਜੋ ਸਮੁੱਚੇ ਸਿੱਖ ਭਾਈਚਾਰੇ ਲਈ ਗੌਰਵ ਦਾ ਵਿਸ਼ਾ ਹੈ।
ਪ੍ਰੋ. ਖਿਆਲਾ ਨੇ ਕਿਹਾ ਕਿ ਦਿੱਲੀ–ਅੰਮ੍ਰਿਤਸਰ–ਕਟੜਾ ਐਕਸਪ੍ਰੈਸਵੇ, ਸਾਊਦਰਨ ਲੁਧਿਆਣਾ ਬਾਈਪਾਸ, ਦੌਲਤਪੁਰ ਚੌਕ–ਕਰਟੋਲੀ ਰੇਲ ਲਾਈਨ, ਨਵੀਆਂ ਰੇਲ ਸੇਵਾਵਾਂ ਅਤੇ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਪੰਜਾਬ ਦੇ ਰੇਲਵੇ ਸਟੇਸ਼ਨਾਂ ਦੇ ਆਧੁਨਿਕੀਕਰਨ ਨਾਲ ਸੂਬੇ ਦੇ ਆਰਥਿਕ ਵਿਕਾਸ, ਉਦਯੋਗ, ਸੈਰ-ਸਪਾਟੇ ਅਤੇ ਰੁਜ਼ਗਾਰ ਨੂੰ ਨਵੀਂ ਰਫ਼ਤਾਰ ਮਿਲੇਗੀ। ਉਨ੍ਹਾਂ ਵਿਸ਼ੇਸ਼ ਤੌਰ 'ਤੇ ਛੇਹਰਟਾ (ਅੰਮ੍ਰਿਤਸਰ) ਤੋਂ ਵਾਰਾਣਸੀ ਲਈ ਸੰਤ ਰਵਿਦਾਸ ਐਕਸਪ੍ਰੈਸ ਨੂੰ ਰਵਾਨਾ ਕਰਨ ਨੂੰ ਰਵਿਦਾਸੀਆ ਸਮਾਜ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਦਾ ਸਨਮਾਨ ਕਰਾਰ ਦਿੱਤਾ।
ਉਨ੍ਹਾਂ ਕਿਹਾ ਕਿ ਅੱਜ 20 ਰਾਜਾਂ ਦੇ 75 ਅੰਮ੍ਰਿਤ ਭਾਰਤ ਰੇਲਵੇ ਸਟੇਸ਼ਨਾਂ ਨੂੰ ਜਲੰਧਰ ਤੋਂ ਰਾਸ਼ਟਰ ਨੂੰ ਸਮਰਪਿਤ ਕਰਨਾ ਪੰਜਾਬ ਲਈ ਵਿਸ਼ੇਸ਼ ਮਾਣ ਵਾਲਾ ਪਲ ਹੈ। ਪੰਜਾਬ ਦੇ ਜਲੰਧਰ ਕੈਂਟ, ਫਗਵਾੜਾ, ਪਠਾਨਕੋਟ ਕੈਂਟ ਅਤੇ ਬਟਾਲਾ ਸਟੇਸ਼ਨਾਂ ਦੇ ਪੁਨਰ ਵਿਕਾਸ 'ਤੇ ਲਗਭਗ ₹115 ਕਰੋੜ ਖ਼ਰਚ ਕੀਤੇ ਗਏ ਹਨ, ਜਦਕਿ ਸ੍ਰੀ ਅਨੰਦਪੁਰ ਸਾਹਿਬ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਸਮੇਤ ਹੋਰ ਸਟੇਸ਼ਨਾਂ ਦਾ ਕੰਮ ਜਾਰੀ ਹੈ। ਉਨ੍ਹਾਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਦੇ ਰੇਲਵੇ ਵਿਕਾਸ ਲਈ ਸਾਲਾਨਾ ਨਿਗੂਣਾ ਖ਼ਰਚ ਹੁੰਦੇ ਸਨ, ਪਰ ਅੱਜ ₹5,500 ਕਰੋੜ ਹੋ ਚੁੱਕੀ ਹੈ ਅਤੇ ਸੂਬੇ ਵਿੱਚ ₹30,000 ਕਰੋੜ ਤੋਂ ਵੱਧ ਦੇ ਰੇਲਵੇ ਪ੍ਰੋਜੈਕਟ ਚੱਲ ਰਹੇ ਹਨ। ਇਹ ਕੇਂਦਰ ਸਰਕਾਰ ਦੀ ਪੰਜਾਬ ਪ੍ਰਤੀ ਗੰਭੀਰਤਾ ਦਾ ਸਪੱਸ਼ਟ ਪ੍ਰਮਾਣ ਹੈ।
ਪ੍ਰੋ. ਖਿਆਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੰਜਾਬ ਅਤੇ ਸਿੱਖ ਭਾਈਚਾਰੇ ਨਾਲ ਰਿਸ਼ਤਾ ਸਿਰਫ਼ ਰਾਜਨੀਤਿਕ ਨਹੀਂ, ਸਗੋਂ ਭਾਵਨਾਤਮਕ ਅਤੇ ਆਤਮਿਕ ਹੈ। ਉਹ ਹਰ ਮੰਚ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬ-ਸਾਂਝੇ ਸੰਦੇਸ਼, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬਲੀਦਾਨ, ਸਿੱਖ ਕੌਮ ਦੀਆਂ ਕੁਰਬਾਨੀਆਂ ਅਤੇ ਪੰਜਾਬੀਆਂ ਦੀ ਚੜ੍ਹਦੀ ਕਲਾ ਦਾ ਸਨਮਾਨ ਕਰਦੇ ਆਏ ਹਨ। ਪ੍ਰਧਾਨ ਮੰਤਰੀ ਨੂੰ ਪੰਜਾਬੀਆਂ, ਖ਼ਾਸ ਕਰਕੇ ਨੌਜਵਾਨਾਂ ਦੀ ਸਮਰੱਥਾ, ਮਿਹਨਤ ਅਤੇ ਜਜ਼ਬੇ 'ਤੇ ਪੂਰਾ ਵਿਸ਼ਵਾਸ ਹੈ। ਉਨ੍ਹਾਂ ਦਾ ਇਹ ਸੰਦੇਸ਼ ਕਿ ਪੰਜਾਬ ਹਰ ਮੁਸ਼ਕਲ ਤੋਂ ਬਾਅਦ ਹੋਰ ਮਜ਼ਬੂਤ ਹੋ ਕੇ ਉੱਠਦਾ ਹੈ ਅਤੇ ਗੁਰੂਆਂ, ਪੀਰਾਂ, ਫ਼ਕੀਰਾਂ ਅਤੇ ਸ਼ਹੀਦਾਂ ਦੀ ਧਰਤੀ ਭਾਰਤ ਦੀ ਆਤਮਾ ਹੈ, ਸਮੁੱਚੇ ਪੰਜਾਬ ਲਈ ਮਾਣ ਅਤੇ ਪ੍ਰੇਰਣਾ ਦਾ ਸਰੋਤ ਹੈ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡ ਰਹੀ, ਪਰ ਦੁੱਖ ਦੀ ਗੱਲ ਹੈ ਕਿ ਦੂਜੇ ਪਾਸੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ। ਗੈਂਗਸਟਰਵਾਦ, ਨਸ਼ਾ, ਫਿਰੌਤੀਆਂ ਅਤੇ ਭ੍ਰਿਸ਼ਟਾਚਾਰ ਵਰਗੇ ਗੰਭੀਰ ਮੁੱਦੇ ਸੂਬੇ ਦੀ ਤਰੱਕੀ ਵਿੱਚ ਰੁਕਾਵਟ ਬਣ ਰਹੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਦੇ ਅਸਲ ਕੰਮ ਕਰਨ ਦੀ ਬਜਾਏ ਸਿਰਫ਼ ਇਸ਼ਤਿਹਾਰਾਂ ਰਾਹੀਂ ਸਫ਼ਲਤਾ ਦਾ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਜ਼ਮੀਨੀ ਹਕੀਕਤ ਇਸ ਤੋਂ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਡਬਲ ਇੰਜਣ ਦੀ ਸਰਕਾਰ ਹੀ ਪੰਜਾਬ ’ਚ ਉੱਠ ਰਹੀਆਂ ਚੁਨੌਤੀਆਂ ਦਾ ਹੱਲ ਕੱਢ ਸਕਦੀ ਹੈ।
ਅੰਤ ਵਿੱਚ ਪ੍ਰੋ. ਖਿਆਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੂਰਦਰਸ਼ੀ ਨੇਤ੍ਰਿਤਵ ਹੇਠ ਪੰਜਾਬ ਵਿਕਾਸ, ਬੁਨਿਆਦੀ ਢਾਂਚੇ, ਆਧੁਨਿਕ ਰੇਲਵੇ, ਬਿਹਤਰ ਸੜਕਾਂ, ਸੱਭਿਆਚਾਰਕ ਸਨਮਾਨ ਅਤੇ ਰਾਸ਼ਟਰੀ ਏਕਤਾ ਦੇ ਇੱਕ ਨਵੇਂ ਯੁੱਗ ਵੱਲ ਅੱਗੇ ਵੱਧ ਰਿਹਾ ਹੈ। ਪੰਜਾਬ ਦੇ ਲੋਕ ਇਸ ਵਿਕਾਸਮੁਖੀ ਸੋਚ ਨੂੰ ਕਦੇ ਨਹੀਂ ਭੁੱਲਣਗੇ। 

Post a Comment

0 Comments