*ਨਹਿਰੀ ਪਾਣੀ ਨਾਲ ਕਿਸਾਨਾਂ ਦੀ ਲਾਗਤ ਘਟੀ, ਧਰਤੀ ਹੇਠਲੇ ਪਾਣੀ ਦੀ ਸੰਭਾਲ ਨੂੰ ਮਿਲਿਆ ਬਲ: ਸੁਰਜੀਤ ਸਿੰਘ ਰੱਖੜਾ*
ਪਟਿਆਲਾ, 18 ਜੁਲਾਈ (ਦੀਵਾਨ ਥਰੇਜਾ)
ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾ ਕੇ ਨਾ ਸਿਰਫ਼ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ, ਸਗੋਂ ਧਰਤੀ ਹੇਠਲੇ ਪਾਣੀ ਦੀ ਸੰਭਾਲ ਵੱਲ ਵੀ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ।
ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਲਗਭਗ 26.5 ਫ਼ੀਸਦੀ ਕਿਸਾਨ ਇਸ ਦਾ ਲਾਭ ਲੈ ਰਹੇ ਸਨ ਜੋ ਹੁਣ ਵੱਧ ਕੇ ਲਗਭਗ 78% ਤੋਂ 86% ਦੇ ਕਰੀਬ ਹੋ ਗਿਆ ਹੈ।
ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਨਹਿਰੀ ਪਾਣੀ ਦੀ ਵੱਧ ਰਹੀ ਪਹੁੰਚ ਨਾਲ ਟਿਊਬਵੈੱਲਾਂ ਉੱਤੇ ਨਿਰਭਰਤਾ ਘਟੀ ਹੈ, ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਸੰਭਾਲ ਨੂੰ ਵੱਡਾ ਬਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਨਹਿਰੀ ਪਾਣੀ ਪਹੁੰਚਿਆ ਹੈ, ਉੱਥੇ ਖੇਤਾਂ ਦੀ ਉਪਜਾਊ ਸ਼ਕਤੀ ਵਿੱਚ ਵੀ ਵਾਧਾ ਹੋਇਆ ਹੈ ਅਤੇ ਫ਼ਸਲਾਂ ਦੀ ਲਾਗਤ ਘਟਾਉਣ ਵਿੱਚ ਮਦਦ ਮਿਲੀ ਹੈ, ਜਿਸ ਨਾਲ ਕਿਸਾਨਾਂ ਨੂੰ ਆਰਥਿਕ ਲਾਭ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਲਈ ਨਹਿਰੀ ਪਾਣੀ ਇੱਕ ਅਨਮੋਲ ਕੁਦਰਤੀ ਖ਼ਜ਼ਾਨਾ ਹੈ। ਜੋ ਕੰਮ ਪਿਛਲੇ ਕਈ ਦਹਾਕਿਆਂ ਵਿੱਚ ਪੂਰੀ ਤਰ੍ਹਾਂ ਨਹੀਂ ਹੋ ਸਕਿਆ, ਉਸ ਨੂੰ ਮਾਨ ਸਰਕਾਰ ਨੇ ਤਰਜੀਹ ਦੇ ਕੇ ਅੱਗੇ ਵਧਾਇਆ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਸੂਬੇ ਦੇ ਹੋਰ ਖੇਤਰਾਂ ਤੱਕ ਵੀ ਨਹਿਰੀ ਪਾਣੀ ਦੀ ਪਹੁੰਚ ਯਕੀਨੀ ਬਣਾਈ ਜਾਵੇਗੀ, ਜਿਸ ਨਾਲ ਖੇਤੀ ਹੋਰ ਮਜ਼ਬੂਤ ਹੋਵੇਗੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਪੀਣ ਯੋਗ ਪਾਣੀ ਦੀ ਸੰਭਾਲ ਵਿੱਚ ਵੀ ਮਦਦ ਮਿਲੇਗੀ।


0 Comments